Sunday, March 24, 2013

ਖੇਤ ਮਜ਼ਦੂਰਾਂ ਦੇ ਮਸਲੇ ਅਤੇ ਪੰਚਾਇਤਾਂ ਦੀ ਕਾਰਗੁਜ਼ਾਰੀ

ਲਛਮਣ ਸਿੰਘ ਸੇਵੇਵਾਲਾ

ਕੋਈ ਵੇਲਾ ਸੀ ਜਦੋਂ ਪੰਚਾਇਤ ਨੂੰ ਰੱਬ ਦੇ ਬਰੋਬਰ ਮੰਨਿਆ ਜਾਂਦਾ ਸੀ। ''ਜੀਹਨੇ ਪੰਚਾਇਤ ਧੱਕਤੀ- ਉਹਨੇ ਰੱਬ ਧੱਕਤਾ'' ਵਰਗੀਆਂ ਕਹਾਵਤਾਂ ਲੋਕਾਂ ਦੇ ਪੰਚਾਇਤਾਂ ਉਪਰ ਬੱਝੇ ਅੰਨ੍ਹੇ ਭਰੋਸੇ ਨੂੰ ਹੀ ਰੂਪਮਾਨ ਕਰਦੀਆਂ ਹਨ। ਸਮੇਂ ਦੇ ਬਦਲੇ ਗੇੜ ਨੇ ਪੰਚਾਇਤ ਦਾ ਰੁਤਬਾ ਬਦਲ ਦਿੱਤਾ ਹੈ। ਹੁਣ ਇਹ ਭਾਈਚਾਰੇ ਦੀ ਸਾਂਝੀ ਸੰਸਥਾ ਦੀ ਥਾਂ ਰਾਜ-ਭਾਗ ਦੀ ਅਟੁੱਟ ਅਤੇ ਮੁੱਢਲੀ ਕੜੀ ਦਾ ਰੂਪ ਧਾਰਨ ਕਰ ਚੁੱਕੀ ਹੈ। ਇਹ ਰਾਜ-ਭਾਗ ਦੇ ਸਿਖ਼ਰਲੇ ਡੰਡੇ (ਵਿਧਾਨ ਸਭਾਵਾਂ/ਲੋਕ ਸਭਾ) 'ਤੇ ਕਾਬਜ਼ ਹੋਣ ਲਈ ਤਿੰਘ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਲਈ ਪੰਚਾਇਤਾਂ ਵੋਟਾਂ ਦੇ ਗੁਥਲੇ ਹਨ। ਕਿਸੇ ਸਿਆਸੀ ਪਾਰਟੀ ਦਾ ਜਿੰਨੇ ਵੱਧ ਪਿੰਡਾਂ ਦੀਆਂ ਪੰਚਾਇਤਾਂ 'ਤੇ ਕਬਜ਼ਾ ਹੋਵੇਗਾ, ਓਨਾ ਹੀ ਉਸਦਾ ਚੋਣਾਂ ਦੌਰਾਨ ਹੱਥ ਉੱਤੋਂ ਦੀ ਹੋਵੇਗਾ। ਇਸੇ ਲਈ ਪੰਚਾਇਤੀ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਲਟੋ-ਪੀਂਘ ਹੁੰਦੀਆਂ ਦੇਖੀਆਂ ਜਾਂਦੀਆਂ ਹਨ ਅਤੇ ਪੰਚਾਇਤ ਉਪਰ ਕਾਬਜ਼ ਹੋਣ ਲਈ ਪਿੰਡ ਦੇ ਜਾਗੀਰਦਾਰਾਂ/ਵੱਡੇ ਚੌਧਰੀਆਂ ਦੇ ਧੜਿਆਂ ਵੱਲੋਂ ਆਪੋ ਆਪਣੇ ਪੱਖ 'ਚ ਵੋਟਾਂ ਭੁਗਤਾਉਣ ਲਈ ਸਿਰੇ ਦਾ ਤਾਣ ਲਾਇਆ ਜਾਂਦਾ ਹੈ। ਨਸ਼ੇ ਵੰਡੇ ਜਾਂਦੇ ਹਨ। ਵੋਟਾਂ ਖਰੀਦੀਆਂ ਜਾਂਦੀਆਂ ਹਨ। ਰੋਹਬ-ਦਾਬ ਦੀ ਗੁੱਝੀ ਤੇ ਐਲਾਨੀਆ ਵਰਤੋਂ ਕੀਤੀ ਜਾਂਦੀ ਹੈ। ਭਾਈਚਾਰੇ ਦਾ ਵਾਸਤਾ ਪਾਇਆ ਜਾਂਦਾ ਹੈ। ਸਾਕ-ਸਕੀਰੀਆਂ ਦਾ ਜ਼ੋਰ ਚੜ੍ਹਾਉਣ ਸਮੇਤ ਹਰ ਕਿਸਮ ਦੇ ਹੱਥਕੰਡੇ ਵਰਤੇ ਜਾਂਦੇ ਹਨ। ਜੇ ਇਹ ਕਹਿ ਲਿਆ ਜਾਵੇ ਕਿ ਸਭਨਾਂ ਚੋਣਾਂ ਦੇ ਮੁਕਾਬਲੇ ਪੰਚਾਇਤੀ ਚੋਣਾਂ ਦੌਰਾਨ ਹੀ ਸਭ ਤੋਂ ਜ਼ਿਆਦਾ ਤੇ ਨਿੱਘਰੇ ਹੋਏ ਹੱਥ-ਕੰਡੇ ਅਪਣਾਏ ਜਾਂਦੇ ਹਨ ਤਾਂ ਇਹਦੇ ਵਿੱਚ ਕੋਈ ਅਤਿ-ਕਥਨੀ ਨਹੀਂ ਹੈ। 


ਭਾਰਤੀ ਸਮਾਜ ਦੀ ਸਭ ਤੋਂ ਹੇਠਲੀ ਕੰਨ੍ਹੀ 'ਤੇ ਵਿਚਰਦੇ ਖੇਤ ਮਜ਼ਦੁਰਾਂ/ਦਲਿਤਾਂ ਪ੍ਰਤੀ ਪੰਚਾਇਤਾਂ ਦਾ ਰੋਲ ਤੇ ਰਵੱਈਆ ਬੇਹੱਦ ਗਹੁ ਕਰਨਯੋਗ ਨੁਕਤਾ ਹੈ। ਸਰਕਾਰਾਂ ਵੱਲੋਂ ਖੇਤ ਮਜ਼ਦੂਰਾਂ/ਦਲਿਤਾਂ ਦਾ ਜੀਵਨ ਪੱਧਰ ਉੱਚਾ ਚੁੱਕਣਾਂ ਦੇ ਨਾਂ ਹੇਠ ਦਿੱਤੀਆਂ ਜਾਂਦੀਆਂ ਵਿਖਾਵੇ ਮਾਤਰ ਸਹੂਲਤਾਂ/ਯੋਜਨਾਵਾਂ ਦੇ ਲਾਗੂ ਹੋਣ ਦਾ ਸਿੱਧਾ ਸਬੰਧ ਪੁੰਚਾਇਤਾਂ ਦੇ ਨਾਲ ਹੀ ਜੁੜਦਾ ਹੈ ਜਾਂ ਇਹ ਕਹਿਣਾ ਜ਼ਿਆਦਾ ਢੁਕਵਾਂ ਹੈ ਕਿ ਇਨ੍ਹਾਂ ਦਾ ਲਾਗੂ ਹੋਣਾ ਪੰਚਾਇਤਾਂ ਦੇ ਰਹਿਮੋਕਰਮ 'ਤੇ ਹੀ ਨਿਰਭਰ ਕਰਦਾ ਹੈ। ਮਿਸਾਲ ਵਜੋਂ ਕਿਸੇ ਨੇ ਪੈਨਸ਼ਨ ਲਵਾਉਣੀ ਹੈ ਤਾਂ ਵੀ ਪੰਚਾਇਤ ਦੇ ਮਤੇ ਬਿਨਾਂ ਸੰਭਵ ਨਹੀਂ। ਸਰਕਾਰ ਵੱਲੋਂ ਪੰਜ-ਪੰਜ ਮਰਲੇ ਦੇ ਪਲਾਟ ਅਤੇ ਰੂੜੀਆਂ ਲਈ ਥਾਂ ਦੇਣ ਤੋਂ ਇਲਾਵਾ ਲੰਮੇ ਸਮੇਂ ਤੋਂ ਪੰਚਾਇਤੀ/ਸ਼ਾਮਲਾਟ ਜ਼ਮੀਨਾਂ ਉਪਰ ਘਰ ਬਣਾ ਕੇ ਰਹਿ ਰਹੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਦਾ ਮਾਮਲਾ ਵੀ ਪੰਚਾਇਤੀ ਮਤੇ ਦਾ ਹੀ ਮੁਥਾਜ ਹੈ। ਇਉਂ ਹੀ ਮਾਮਲਾ ਭਾਵੇਂ ਕੱਚੇ ਮਕਾਨ ਨੂੰ ਪੱਕਾ ਬਣਾਉਣ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਗਰਾਂਟ ਦਾ ਹੋਵੇ ਜਾਂ ਮਕਾਨ ਦੀ ਮੁਰੰਮਤ ਦਾ ਇਥੇ ਵੀ ਪੰਚਾਇਤੀ ਮਤੇ ਬਿਨਾਂ ਮਜ਼ਦੂਰਾਂ ਦਾ ਕੰਮ ਨਹੀਂ ਚੱਲਦਾ। ਹੋਰ ਤਾਂ ਹੋਰ ਮਨਰੇਗਾ ਦਾ ਜਾਬ ਕਾਰਡ ਬਣਾਉਣ ਤੋਂ ਲੈ ਕੇ ਕੰਮ ਲੈਣ ਅਤੇ ਕੀਤੀ ਗਈ ਮਿਹਨਤ ਦਾ ਇਵਜ਼ਾਨਾ ਲੈਣ ਤੱਕ ਪੰਚਾਇਤ ਦਾ ਹੀ ਵਾਰਾ-ਪਹਿਰਾ ਚੱਲਦਾ ਹੈ। ਇਸ ਤੋਂ ਇਲਾਵਾ ਘਰੇਲੂ ਬਿਜਲੀ ਬਿੱਲਾਂ ਦੀ ਮੁਆਫ਼ੀ ਵਿੱਚ ਲੱਗਦਾ ਜਾਤੀ ਸਰਟੀਫਿਕੇਟ ਬਣਾਉਣ, ਸ਼ਗਨ ਸਕੀਮ ਦਾ ਲਾਭ ਲੈਣ ਤੇ ਬੀ.ਪੀ.ਐਲ. ਕਾਰਡ ਬਣਾਉਣ ਆਦਿ ਸਭ ਕੁਝ ਲਈ ਪੰਚਾਇਤੀ ਨੁਮਾਇੰਦਿਆਂ ਦੀ ਮੋਹਰ ਅਤੇ ਸਹਿਮਤੀ ਜ਼ਰੂਰੀ ਹੈ। 


ਰਾਜ ਭਾਗ ਦੀ ਪੌੜੀ ਦਾ ਪਹਿਲਾ ਡੰਡਾ ਹੋਣ ਕਰਕੇ ਖੇਤ ਮਜ਼ਦੂਰਾਂ/ਦਲਿਤਾਂ ਦੇ ਮਾਮਲੇ ਵਿੱਚ ਰਾਜ ਭਾਗ ਦੇ ਬਾਕੀ ਅਦਾਰਿਆਂ ਵਾਂਗ ਪੰਚਾਇਤਾਂ ਦਾ ਵਿਹਾਰ ਵੀ ਸਿਰੇ ਦਾ ਤੰਗਨਜ਼ਰ, ਧੱਕੜ, ਗ਼ੈਰ-ਜਮਹੂਰੀ, ਦਬਾਓ, ਟਰਕਾਓ ਅਤੇ ਸਿਆਸੀ ਵਿਤਕਰੇ ਵਾਲਾ ਹੀ ਸਾਹਮਣੇ ਆਉਂਦਾ ਹੈ। ਇਸ ਲਈ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਮਜ਼ਦੂਰਾਂ ਦੇ ਹੱਕ ਵਿੱਚ ਮਤੇ ਪਾਉਣ ਤੋਂ ਅਕਸਰ ਪੰਚਾਇਤਾਂ ਵੱਲੋਂ ਟਾਲਾ ਹੀ ਵੱਟਿਆ ਜਾਂਦਾ ਹੈ ਸਗੋਂ ਜਾਤੀ ਨਫ਼ਰਤ ਦਾ ਸ਼ਿਕਾਰ, ਜਾਗੀਰੂ ਹੈਂਕੜ ਨਾਲ ਭਰੀਆਂ ਅਤੇ ਪੇਂਡੂ ਤੇ ਸਿਆਸੀ ਧੜੇਬੰਦੀ ਦਾ ਸ਼ਿਕਾਰ ਪੰਚਾਇਤਾਂ ਵੱਲੋਂ ਚੋਣਾਂ ਦੌਰਾਨ ਉਲਟ ਭੁਗਤਣ ਵਾਲੇ ਮਜ਼ਦੂਰਾਂ ਦੇ ਹੱਕ ਵਿੱਚ ਮਤਾ ਪਾਉਣਾ ਤਾਂ ਦੂਰ ਸਗੋਂ ਉਨ੍ਹਾਂ ਦਾ ਬਣਦਾ ਕੰਮ ਵਿਗਾੜਨ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਭਾਵੇਂ ਕਿ ਹਰ ਛੇ ਮਹੀਨੇ ਬਾਅਦ ਪਿੰਡ ਦੇ ਸਮੂਹ ਲੋਕਾਂ ਨੂੰ ਬੁਲਾਕੇ ਇਜਲਾਸ ਕਰਨ ਰਾਹੀਂ ਪੰਚਾਇਤ ਵੱਲੋਂ ਲੋਕਾਂ ਤੇ ਪਿੰਡ ਦੀਆਂ ਲੋੜਾਂ ਬਾਰੇ ਪਾਰਦਰਸ਼ੀ ਢੰਗ ਨਾਲ ਮਤੇ ਪਾਸ ਕਰਨਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ ਪਰ ਪੰਚਾਇਤਾਂ ਵੱਲੋਂ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ। 


ਇਸ ਲਈ ਪੰਚਾਇਤਾਂ ਵੱਲੋਂ ਮਤੇ ਪਾਸ ਨਾ ਕਰਨ ਸਦਕਾ ਖੇਤ ਮਜ਼ਦੂਰ/ਦਲਿਤ ਵਰਗ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਹਮੇਸ਼ਾਂ ਹੀ ਵਾਂਝਾ ਰਹਿ ਜਾਂਦਾ ਹੈ। ਕਿਹੜਾ ਮਤਾ ਪਾਸ ਕਰਨਾ ਹੈ ਤੇ ਕਿਹੜਾ ਨਹੀਂ ਕਰਨਾ ਇਹ ਪੂਰੀ ਤਰ੍ਹਾਂ ਪੰਚਾਇਤ ਉਪਰ ਕਾਬਜ਼ ਧੜੇ ਦੇ ਹੱਥ ਹੁੰਦਾ ਹੈ। ਸਿਆਸੀ ਪਾਰਟੀਆਂ ਨਾਲ ਬੱਝੀਆਂ ਧੜੇਬੰਦੀ ਤੇ ਜਾਤਪਾਤੀ ਤੁਅੱਸਬਾਂ ਦਾ ਸ਼ਿਕਾਰ ਪੰਚਾਇਤਾਂ ਵੱਲੋਂ ਜੇ ਮਜ਼ਦੂਰ ਭਲਾਈ ਸਕੀਮਾਂ ਲਾਗੂ ਕਰਵਾਉਣ ਬਾਰੇ ਮਤੇ ਪਾਏ ਜਾਂਦੇ ਹਨ ਤਾਂ ਉਹ ਵੀ ਆਪਣਾ ਵੋਟ ਬੈਂਕ ਤੇ ਧੜਾ ਪੱਕਾ ਕਰਨ ਅਤੇ ਮਜ਼ਦੂਰਾਂ ਉਪਰ ਆਪਣੀ ਦਬਸ਼ ਵਧਾਉਣ ਦੇ ਸੌੜੇ ਮਨੋਰਥਾਂ ਨਾਲ ਹੀ ਗ੍ਰਸੇ ਹੁੰਦੇ ਹਨ। ਇਨ੍ਹਾਂ ਵਿੱਚ ਸਮੂਹ ਲੋੜਵੰਦਾਂ ਨੂੰ ਸ਼ਾਮਲ ਕਰਨ ਦੀ ਥਾਂ ਆਪਣੇ ਪੱਖੀ ਹਿੱਸਿਆਂ ਨੂੰ ਹੀ ਸ਼ਾਮਲ ਕਰਕੇ ਸਿਆਸੀ ਵਿਤਕਰੇਬਾਜ਼ੀ ਕੀਤੀ ਜਾਂਦੀ ਹੈ। 


ਮਜ਼ਦੂਰ ਭਲਾਈ ਸਕੀਮਾਂ ਨੂੰ ਪੰਚਾਇਤਾਂ ਨਾਲ ਬੰਨ੍ਹ ਕੇ ਰੱਖਣਾ ਅਸਲ ਵਿੱਚ ਇਨ੍ਹਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਣ ਦੇ ਲਈ ਸਰਕਾਰ ਕੋਲ ਠੋਸ ਬਹਾਨਾ ਹੈ। ਜਦ ਕਦੀ ਮਜ਼ਦੂਰ ਵਰਗ ਜਥੇਬੰਦ ਹੋ ਕੇ ਇਨ੍ਹਾਂ ਯੋਜਨਾਵਾਂ/ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਸਰਕਾਰ 'ਤੇ ਦਬਾਅ ਬਣਾਉਂਦਾ ਹੈ ਤਾਂ ਸਰਕਾਰ ਵੱਲੋਂ ਇਨ੍ਹਾਂ ਨੂੰ ਪ੍ਰਵਾਨ ਤਾਂ ਕਰ ਲਿਆ ਜਾਂਦਾ ਹੈ ਪਰ ਲਾਗੂ ਕਰਨ ਦੇ ਮਾਮਲੇ ਵਿੱਚ ਪੰਚਾਇਤੀ ਮਤਿਆਂ ਵਾਲਾ ਪੱਤਾ ਵਰਤਿਆ ਜਾਂਦਾ ਹੈ। ਅਖੇ ਜੇ ਹੁਣ ਜਦੋਂ ਪੰਚਾਇਤ ਹੀ ਮਤਾ ਨਹੀਂ ਪਾਉਂਦੀ ਤਾਂ ਅਸੀਂ ਵੀ ਕੀ ਕਰ ਸਕਦੇ ਹਾਂ? ਆਖ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ। 


ਮੁੱਖ ਮੰਤਰੀ ਬਾਦਲ ਦੇ ਜੱਦੀ ਜ਼ਿਲ੍ਹੇ ਵਿੱਚ ਸਾਲ 2008 ਦੌਰਾਨ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਖੇਤ ਮਜ਼ਦੂਰਾਂ ਵੱਲੋਂ ਕੀਤੇ ਲਮਕਵੇਂ ਤੇ ਸਿਰੜੀ ਘੋਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਔਲਖ ਟਿੱਬਾ ਦੇ ਮਜ਼ਦੂਰਾਂ ਨੂੰ ਚਾਰ ਕਨਾਲ ਪੰਚਾਇਤੀ ਜ਼ਮੀਨ ਰੂੜੀਆਂ ਲਈ ਹਫ਼ਤੇ ਵਿੱਚ ਦੇਣ ਅਤੇ ਕਈ ਪਿੰਡਾਂ ਵਿੱਚ ਪਲਾਟ ਦੇਣ ਦਾ ਲਿਖਤੀ ਸਮਝੌਤਾ ਕੀਤਾ ਗਿਆ ਸੀ। ਜੋ ਮੁੱਖ ਮੰਤਰੀ ਦੇ ਦਰਬਾਰ ਵਿੱਚ ਪਹੁੰਚਣ ਦੇ ਬਾਵਜੂਦ ਅੱਜ ਤੱਕ ''ਪੰਚਾਇਤਾਂ ਨਹੀਂ ਮੰਨਦੀਆਂ'' ਕਹਿ ਕੇ ਲਾਗੂ ਨਹੀਂ ਕੀਤਾ ਗਿਆ। ਇਉਂ ਹੀ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਉਪਰ ਮਕਾਂ ਬਣਾ ਕੇ ਰਹਿ ਰਹੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਦੇ ਮਾਮਲੇ ਵਿੱਚ ਅਗਸਤ 2008 ਤੋਂ ਸਰਕਾਰੀ ਪੱਤਰ ਜਾਰੀ ਹੋਣ ਦੇ ਬਾਵਜੂਦ ਪੰਚਾਇਤ ਵੱਲੋਂ ਮਤੇ ਪਾਸ ਨਾ ਕਰਨ ਦਾ ਬਹਾਨਾ ਬਣਾ ਕੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਿਆਂ ਵਾਲਾ, ਬਲਾਹੜ ਮਹਿਮਾ, ਮੁੱਖ ਮੰਤਰੀ ਦੇ ਜੱਦੀ ਹਲਕੇ ਲੰਬੀ ਦੇ ਪਿੰਡ ਸਿੰਘੇਵਾਲਾ ਅਤੇ ਅਣਗਿਣਤ ਥਾਵਾਂ 'ਤੇ ਹਜ਼ਾਰਾਂ ਮਜ਼ਦੂਰਾਂ ਨੂੰ ਅੱਜ ਤੱਕ ਮਾਲਕੀ ਹੱਕ ਨਹੀਂ ਦਿੱਤੇ ਗਏ। ਜਦੋਂ ਕਿ ਸਿੰਘੇਵਾਲਾ ਦੇ ਮਾਮਲੇ ਵਿੱਚ ਮਜ਼ਦੂਰ ਅੰਦੋਲਨ ਦੌਰਾਨ ਸੰਨ 2008 ਵਿੱਚ ਰਾਤ ਦੇ 10 ਵਜੇ ਬੀ.ਡੀ.ਪੀ.ਓ. ਦਫ਼ਤਰ ਬਹਿ ਕੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ਸਰਪੰਚ ਵੱਲੋਂ ਮਾਤ ਪਾਸ ਕਰਨ ਦਾ ਸੈਂਕੜੇ ਲੋਕਾਂ ਸਾਹਮਣੇ ਜਨਤਕ ਐਲਾਨ ਵੀ ਕੀਤਾ ਗਿਆ ਸੀ। ਮਾਨਸਾ ਜ਼ਿਲ੍ਹੇ ਵਿੱਚ ਪਲਾਟਾਂ ਦੇ ਮਾਮਲੇ ਨੂੰ ਲੈ ਕੇ ਚੱਲੇ ਮਜ਼ਦੂਰ ਅੰਦੋਲਨ ਦੌਰਾਨ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਿਖਤੀ ਸਮਝੌਤਾ ਕਰਨ ਤੋਂ ਬਾਅਦ ਪਲਾਟ ਦੇਣ ਦੀ ਥਾਂ ਉਲਟਾ ਸੈਂਕੜੇ ਮਰਦ, ਔਰਤਾਂ ਅਤੇ ਬੱਚਿਆਂ ਤੱਕ ਨੂੰ ਮਹੀਨਿਆਂ ਬੱਧੀ ਜੇਲ੍ਹਾਂ ਵਿੱਚ ਹੀ ਡੱਕ ਦਿੱਤਾ ਗਿਆ। 


ਇਸ ਮਾਮਲੇ ਵਿੱਚ ਸਭ ਕੁਝ ਪੰਚਾਇਤਾਂ ਦੇ ਹੱਥ ਹੋਣ, ਆਪਣੇ ਤੇ ਸਰਕਾਰ ਦੇ ਬੇਵੱਸ ਹੋਣ ਦਾ ਪੱਤਾ ਖੇਡਦੇ ਹੋਏ ਖੇਤ ਮਜ਼ਦੂਰ ਅਤੇ ਮਜ਼ਦੂਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤਾਂ ਆਪਣੇ ਜਾਣੇ ਪਛਾਣੇ ਅੰਦਾਜ਼ ਵਿੱਚ ਅਕਸਰ ਹੀ ਕਹਿੰਦੇ ਸੁਣੇ ਜਾਂਦੇ ਰਹੇ ਹਨ, ''ਬਈ ਪੰਚਾਇਤਾਂ ਤਾਂ ਖੁਦਮੁਖਤਿਆਰ ਆ। ਅਸੀਂ ਫੋਰਸ ਵੀ ਨਹੀਂ ਨਾ ਕਰ ਸਕਦੇ। ਹਾਂ ਅਪੀਲ ਹੀ ਕਰ ਸਕਦੇ ਹਾਂ। ਮੈਂ ਤਾਂ ਹਰ ਸੰਗਤ ਦਰਸ਼ਨ ਵਿੱਚ ਅਪੀਲ ਕਰਦਾਂ ਬਈ ਵੇਖੋ! ਮਜ਼ਦੂਰਾਂ ਦੀ ਹਾਲਤ ਬਹੁਤ ਮਾੜੀ ਆ। ਇਨ੍ਹਾਂ ਨੂੰ ਪਲਾਟ ਵਗੈਰਾ ਦੇਣ ਲਈ ਮਤਾ ਜ਼ਰੂਰ ਪਾਓ ਬਈ ਪਰ ਅੱਗੋਂ ਕਰਨਾ ਤਾਂ ਉਨ੍ਹਾਂ ਨੇ ਈ ਹੈ ਨਾ ...।'' ਦਰਅਸਲ ਕੌੜੀ ਸਚਾਈ ਤਾਂ ਇਹ ਹੈ ਕਿ ਜਿੱਥੇ ਕਿਤੇ ਪੰਚਾਇਤਾਂ ਵੱਲੋਂ ਮਜ਼ਦੂਰਾਂ ਨੂੰ ਪਲਾਟ ਦੇਣ ਤੇ ਮਕਾਨਾਂ ਲਈ ਗਰਾਂਟਾਂ ਆਦਿ ਦੇ ਮਤੇ ਪਾਏ ਵੀ ਜਾਂਦੇ ਹਨ, ਉਨ੍ਹਾਂ ਨੂੰ ਹੋਰਨਾਂ ਬਹਾਨਿਆਂ ਹੇਠ ਲਾਗੂ ਹੀ ਨਹੀਂ ਕੀਤਾ ਜਾਂਦਾ।


ਅਸਲ ਵਿੱਚ ਨਾ ਤਾਂ ਸਰਕਾਰ ਹੀ ਇਸ ਮਾਮਲੇ ਵਿੱਚ ਬੇਵੱਸ ਹੈ ਤੇ ਨਾ ਹੀ ਪੰਚਾਇਤਾਂ ਉਸ ਤੋਂ ਬਾਹਰ ਹਨ। ਜਿੱਥੇ ਕਿਤੇ ਸਰਕਾਰ ਨੂੰ ਆਪਣੇ ਹਿੱਤ ਲਈ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਚਾਹੀਦੀਆਂ ਹੋਣ ਜਾਂ ਕਿਸੇ ਹੋਰ ਕੰਮ ਲਈ ਮਤੇ ਪਾਸ ਕਰਵਾਉਣੇ ਹੋਣ, ਉਥੇ ਪੰਚਾਇਤਾਂ ਪੂਰੀ ਤਰ੍ਹਾਂ ਸਰਕਾਰ ਦੀ ਮੁੱਠੀ 'ਚ ਹੁੰਦੀਆਂ ਹਨ। ਮਿਸਾਲ ਵਜੋਂ ਮਜ਼ਦੂਰਾਂ ਨੂੰ ਰੂੜੀਆਂ ਲਈ ਚਾਰ ਕਨਾਲ ਜ਼ਮੀਨ ਦੇਣ ਤੋਂ ਇਨਕਾਰੀ ਪਿੰਡ ਔਲਖ ਦੀ ਪੰਚਾਇਤ ਜੇ ਇਥੇ ਸਰਕਾਰ ਤੋਂ ਬਾਗ਼ੀ ਹੁੰਦੀ ਦਿਸਦੀ ਹੈ ਤਾਂ ਬਿਜਲੀ ਗਰਿੱਡ ਲਈ ਉਸੇ ਜ਼ਮੀਨ 'ਚੋਂ ਪੰਜ ਏਕੜ ਜ਼ਮੀਨ ਮੁਫ਼ਤ 'ਚ ਸਰਕਾਰ ਨੂੰ ਦੇਣ ਲਈ ਉਸਦੀ ਮੁੱਠੀ 'ਚ ਬੰਦ ਹੋ ਜਾਂਦੀ ਹੈ। ਇਉਂ ਹੀ ਬਾਦਲ ਦੇ ਪੁਰਖਿਆਂ ਦੇ ਪਿੰਡ ਘੁੱਦਾ ਦੀ ਕਰੀਬ 40-50 ਏਕੜ ਪੰਚਾਇਤੀ ਜ਼ਮੀਨ ਸਰਕਾਰੀ ਮੰਤਵਾਂ ਲਈ ਹਾਸਲ ਕਰਨ ਸਮੇਂ ਪੰਚਾਇਤ ਨੇ ਕੋਈ ਉਜਰ ਨਹੀਂ ਕੀਤਾ। ਅਜਿਹੇ ਮੌਕਿਆਂ 'ਤੇ ਪੰਚਾਇਤਾਂ ਵੱਲੋਂ ਅਫ਼ਸਰਸ਼ਾਹੀ ਨਾਲ ਮਿਲ ਕੇ ਘਰੇ ਬੈਠ ਕੇ ਹੀ ਮਤੇ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਆਪਣੇ ਹਮਾਇਤੀਆਂ ਤੋਂ ਘਰੋ ਘਰੀ ਜਾ ਕੇ ਅੰਗੂਠੇ ਲਵਾ ਕੇ ਕਾਗ਼ਜ਼ਾਂ ਦਾ ਢਿੱਡ ਭਰ ਦਿੱਤਾ ਜਾਂਦਾ ਹੈ। ਜਿਸਦੀ ਮਿਸਾਲ ਬੀਤੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਚਿਰ ਪਹਿਲਾਂ ਹੀ ਬਾਦਲ ਦੇ ਜੱਦੀ ਪਿੰਡ ਤੋਂ ਮਹਿਜ ਅੱਠ ਕਿਲੋਮੀਟਰ ਦੂਰ ਪਿੰਡ ਵਿੱਚ ਵੀ ਸਾਹਮਣੇ ਆਈ ਸੀ ਜਿਥੇ ਪਲਾਟਾਂ ਲਈ ਛੇ ਏਕੜ ਜ਼ਮੀਨ ਵੰਡਣ ਵੇਲੇ ਮਤਾ ਪਾਸ ਕਰਨ ਸਮੇਂ ਕਿਸੇ ਨੂੰ ਭਿਣਕ ਤੱਕ ਵੀ ਨਹੀਂ ਪੈਣ ਦਿੱਤੀ ਗਈ ਅਤੇ ਕਾਗ਼ਜ਼ਾਂ ਵਿੱਚ ਪਿੰਡ ਦਾ ਇਜਲਾਸ ਹੋਇਆ ਵਿਖਾ ਕੇ ਸਭ ਅੱਛਾ ਕਹਿ ਦਿੱਤਾ ਗਿਆ। 


ਕੁੱਲ ਮਿਲਾ ਕੇ ਵੇਖਿਆਂ, ਇੱਕ ਤਾਂ ਸਰਕਾਰਾਂ ਵੱਲੋਂ ਬਣਾਈਆਂ ਜਾਂਦੀਆਂ ਮਜ਼ਦੂਰ ਭਲਾਈ ਯੋਜਨਾਵਾਂ ''ਊਠ ਤੋਂ ਛਾਨਣੀ ਲਾਹ ਕੇ ਭਾਰ ਹੌਲਾ'' ਕਰਨ ਬਰੋਬਰ ਹੀ ਹੁੰਦੀਆਂ ਹਨ। ਜੇ ਇਹ ਇੰਨ ਬਿੰਨ ਲਾਗੂ ਹੋ ਵੀ ਜਾਣ ਤਾਂ ਵੀ ਮਜ਼ਦੂਰਾਂ ਦੀ ਨਰਕੀ ਬਣੀ ਜ਼ਿੰਦਗੀ ਵਿੱਚ ਬੁਨਿਆਦੀ ਤਬਦੀਲੀ ਲਿਆਉਣ ਦਾ ਸਬੱਬ ਨਹੀਂ ਬਣਦੀਆਂ। ਦੂਜਾ ਇਨ੍ਹਾਂ ਦੀ ਵਾਗਡੋਰ ਪੰਚਾਇਤਾਂ ਹੱਥ ਹੋਣ ਸਦਕਾ ਇਨ੍ਹਾਂ ਦਾ ਲਾਗੂ ਹੋਣਾ ਖਾਲਾ ਜੀ ਦਾ ਵਾੜਾ ਨਹੀਂ। ਤੀਜਾ ਇਹ ਖੇਤ ਮਜ਼ਦੂਰਾਂ ਉਪਰ ਪੇਂਡੂ ਸੱਤਾ ਤੇ ਕਾਬਜ਼ ਜਾਗੀਰੂ ਚੌਧਰੀਆਂ ਤੇ ਸਿਆਸੀ ਲੋਕਾਂ ਦਾ ਦਾਬਾ ਤੇ ਵਗਾਰ ਹੋਰ ਵਧਾਉਣ ਤੇ ਪੱਕੇ ਕਰਨ ਦਾ ਹੀ ਸਾਧਨ ਬਣਦੀਆਂ ਹਨ। ਅਜਿਹੇ ਕੁਝ ਦੇ ਚੱਲਦਿਆਂ ਇਨ੍ਹਾਂ ਨੂੰ ਲਾਗੂ ਕਰਵਾਉਣ ਲਈ ਪੰਚਾਇਤਾਂ ਤੇ ਸਰਕਾਰ ਦੇ ਹੱਥਕੰਡਿਆਂ ਨੂੰ ਨਾਕਾਮਯਾਬ ਕਰਨ ਲਈ ਖੇਤ ਮਜ਼ਦੂਰਾਂ ਦੀ ਵਿਸ਼ਾਲ ਜਥੇਬੰਦ ਤਾਕਤ ਤੇ ਦ੍ਰਿੜ੍ਹ ਘੋਲਾਂ ਦੀ ਅਣਸਰਦੀ ਲੋੜ ਹੈ। ਇਸਦੇ ਨਾਲ ਹੀ ਖੇਤ ਮਜ਼ਦੂਰਾਂ ਵਾਂਗ ਹੀ ਲੁੱਟ ਤੇ ਦਾਬੇ ਦਾ ਸ਼ਿਕਾਰ ਗ਼ਰੀਬ ਤੇ ਥੁੜ੍ਹ ਜ਼ਮੀਨੇ ਕਿਸਾਨਾਂ ਨਾਲ ਖੇਤ ਮਜ਼ਦੂਰ ਲਹਿਰ ਦੇ ਜੋਟੀ ਬੇਹੱਦ ਜ਼ਰੂਰੀ ਹੈ।

No comments: