Tuesday, July 07, 2015

ਸੁਆਲ-ਸੰਵਾਦ: ਵਿਆਪਮ ਦੀ ਮੰਡੀ ਵਿੱਚ ਸਰਕਾਰ ਦਾ ਮਨਮੋਹਨ-ਮੋਦੀ ਖ਼ਾਸਾ

ਦਲਜੀਤ ਅਮੀ

ਮੱਧ ਪ੍ਰਦੇਸ਼ ਵਿੱਚ ਵਿਆਪਮ ਘਪਲੇ ਦੀਆਂ ਖ਼ਬਰਾਂ ਅਖ਼ਬਾਰਾਂ ਅਤੇ ਟੈਲੀਵਿਜ਼ਨਾਂ ਉਤੇ ਲਗਾਤਾਰ ਚੱਲ ਰਹੀਆਂ ਹਨ। ਹੋ ਸਕਦਾ ਹੈ, ਇਹ ਲੇਖ ਪਾਠਕਾਂ ਦੇ ਹੱਥਾਂ ਤੱਕ ਪਹੁੰਚਣ ਤੱਕ ਕੋਈ ਹੋਰ ਖ਼ਬਰ ਅਹਿਮ ਹੋ ਚੁੱਕੀ ਹੋਵੇ ਅਤੇ ਵਿਆਪਮ ਦੀ 'ਅਹਿਮੀਅਤ' ਘਟ ਗਈ ਹੋਵੇ। 'ਮੁੱਲ ਦੀਆਂ ਖ਼ਬਰਾਂ' ਦੇ ਦੌਰ ਵਿੱਚ ਵਿਆਪਮ ਘਪਲੇ ਨੂੰ ਪੱਤਰਕਾਰੀ ਦਾ ਧਿਆਨ ਖਿੱਚਣ ਲਈ ਵੱਡੀ ਕੀਮਤ ਤਾਰਨੀ ਪਈ ਹੈ। ਜਦੋਂ ਵਿਆਪਮ ਕਾਰੋਬਾਰ ਸੀ ਤਾਂ ਇਹ ਲੋਕਾਂ ਨੂੰ ਜ਼ਿੰਦਗੀ ਦੇ ਬਿਹਤਰ ਮੌਕਿਆਂ ਤੋਂ ਮਹਿਰੂਮ ਕਰ ਰਿਹਾ ਸੀ ਅਤੇ ਜਦੋਂ ਘਪਲੇ ਵਜੋਂ ਬੇਪਰਦ ਹੋਇਆ ਹੈ ਤਾਂ ਇਸ ਦਾ ਖ਼ੂੰਖ਼ਾਰ ਰੂਪ ਸਾਹਮਣੇ ਹੈ। ਤਕਰੀਬਨ ਛੇ ਸਾਲਾਂ ਦੌਰਾਨ ਇਸ ਵਿਆਪਮ ਨਾਲ ਕਾਰੋਬਾਰ ਵਜੋਂ ਜਾਂ ਇਸ ਦੀ ਘਪਲੇ ਵਜੋਂ ਸ਼ਨਾਖ਼ਤ ਕਰਨ ਨਾਲ ਕਈ ਜੀਆਂ ਦੀਆਂ ਮੌਤਾਂ ਹੋਈਆਂ ਹਨ। ਮੀਡੀਆ ਵਿੱਚ ਇਨ੍ਹਾਂ ਮੌਤਾਂ ਦੀ ਗਿਣਤੀ ਪੱਚੀ ਤੋਂ ਚਾਲੀ ਤੱਕ ਦੱਸੀ ਜਾ ਰਹੀ ਹੈ। ਇਨ੍ਹਾਂ ਸਾਰੀਆਂ ਮੌਤਾਂ ਨੂੰ ਸਿਧਾਂਤਕ ਅਤੇ ਤਕਨੀਕੀ ਪੱਖੋਂ ਕੁਦਰਤੀ ਮੌਤ ਵਜੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਵਿੱਚੋਂ ਦਸ ਸੜਕ 'ਹਾਦਸਿਆਂ' ਵਿੱਚ ਮਾਰੇ ਗਏ। ਪੰਜ 'ਖ਼ੁਦਕੁਸ਼ੀਆਂ' ਕਰ ਗਏ। ਦੋ ਦਿਲ ਦੇ 'ਦੌਰੇ' ਅਤੇ ਇੱਕ ਦਿਮਾਗ ਦੀ ਨਸ 'ਫਟਣ' ਕਾਰਨ ਪੂਰੇ ਹੋ ਗਏ। ਕੁਝ ਸ਼ਰਾਬ ਨਾਲ ਹੋਈਆਂ ਬੀਮਾਰੀਆਂ ਕਾਰਨ, ਦਵਾਈਆਂ ਦੇ ਉਲਟ ਅਸਰ ਅਤੇ ਸ਼ੱਕੀ ਹਾਲਾਤ ਵਿੱਚ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।

ਲੰਘੇ ਸ਼ਨਿੱਚਰ-ਐਤ-ਸੋਮਵਾਰ (4-5-6 ਜੁਲਾਈ) ਨੂੰ ਤਿੰਨ ਮੌਤਾਂ ਹੋਣ ਕਾਰਨ ਇਹ ਮਸਲਾ ਨਜ਼ਰਅੰਦਾਜ਼ ਕਰਨਾ ਮੁਸ਼ਕਿਲ ਹੋ ਗਿਆ। ਪੱਤਰਕਾਰ ਅਕਸ਼ੈ ਸਿੰਘ, ਜਬਲਪੁਰ ਮੈਡੀਕਲ ਕਾਲਜ ਦੇ ਡੀਨ ਡਾ. ਅਰੁਣ ਸ਼ਰਮਾ ਅਤੇ ਟਰੇਨੀ ਸਬ-ਇੰਸਪੈਕਟਰ ਅਨਾਮਿਕਾ ਖੁਸ਼ਵਾਹਾ ਦੀਆਂ ਮੌਤਾਂ ਸ਼ੱਕੀ ਹਾਲਾਤ ਵਿੱਚ ਹੋਈਆਂ ਸਨ। ਡਾ. ਅਰੁਣ ਸ਼ਰਮਾ ਤੋਂ ਪਹਿਲਾਂ ਡਾ. ਡੀ.ਕੇ. ਸਾਕਾਲੇ ਕਾਲਜ ਦੇ ਡੀਨ ਸਨ ਜਿਨ੍ਹਾਂ ਦੀ ਸਾਲ ਪਹਿਲਾਂ ਸ਼ੱਕੀ ਹਾਲਾਤ ਵਿੱਚ ਮੌਤ ਹੋਈ ਸੀ। ਅਖ਼ਬਾਰਾਂ ਮੁਤਾਬਕ ਡਾ. ਅਰੁਣ ਸ਼ਰਮਾ ਨੇ ਪਿਛਲੇ ਦਿਨੀਂ ਵਿਆਪਮ ਘਪਲੇ ਨਾਲ ਜੁੜੇ ਦੋ ਸੌ ਦਸਤਾਵੇਜ਼ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੇ ਹਵਾਲੇ ਕੀਤੇ ਸਨ। ਪੱਤਰਕਾਰ ਅਕਸ਼ੈ ਸਿੰਘ ਇਸੇ ਘਪਲੇ ਨਾਲ ਜੁੜੀ ਮੌਤ ਬਾਰੇ ਖੋਜ ਕਰ ਰਹੇ ਸਨ ਅਤੇ ਇੱਕ ਮਕਤੂਲਾ ਦੇ ਮਾਪਿਆਂ ਨਾਲ ਮੁਲਾਕਾਤ ਕਰ ਕੇ ਹਟੇ ਸਨ। ਡਾ. ਅਰੁਣ ਸ਼ਰਮਾ ਦੀ ਲਾਸ਼ ਦਿੱਲੀ ਦੇ ਇੱਕ ਹੋਟਲ ਵਿੱਚੋਂ ਮਿਲੀ ਅਤੇ ਅਕਸ਼ੈ ਨੂੰ ਭੇਤਭਰੀ ਬੀਮਾਰੀ ਕਾਰਨ ਮੂੰਹ ਵਿੱਚੋਂ ਝੱਗ ਨਿਕਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਮੌਤ ਮੱਧ ਪ੍ਰਦੇਸ਼ ਦੇ ਝੱਬੂਆ ਜ਼ਿਲ੍ਹੇ ਵਿੱਚ ਮੇਘਾਨਗਰ ਵਿੱਚ ਹੋਈ। ਟਰੇਨੀ ਸਬ-ਇੰਸਪੈਕਟਰ ਅਨਾਮਿਕਾ ਖੁਸ਼ਵਾਹਾ ਜਵਾਹਰਲਾਲ ਨਹਿਰੂ ਟਰੇਨਿੰਗ ਸੈਂਟਰ ਵਿੱਚ ਤਾਇਨਾਤ ਸੀ ਅਤੇ ਦੱਸਿਆ ਗਿਆ ਹੈ ਕਿ ਇਸੇ ਸੈਂਟਰ ਦੇ ਪੂਲ ਵਿੱਚ ਛਾਲ ਮਾਰ ਕੇ ਉਸ ਨੇ 'ਖੁਦਕੁਸ਼ੀ' ਕੀਤੀ।

ਮੱਧ ਪ੍ਰਦੇਸ਼ ਪ੍ਰੋਫ਼ੈਸ਼ਨਲ ਐਗਜਾਮੀਨੇਸ਼ਨ ਬੋਰਡ ਨੂੰ ਹਿੰਦੀ ਵਿੱਚ ਛੋਟਾ ਨਾਮ 'ਵਿਆਪਮ' ਮਿਲਿਆ ਹੈ। ਇਸ ਦਾ ਕੰਮ ਦਾਖ਼ਲੇ ਅਤੇ ਭਰਤੀ ਨਾਲ ਜੁੜੇ ਇਮਤਿਹਾਨ ਲੈਣਾ ਹੈ। ਵਿਆਪਮ ਘਪਲਾ 2009 ਵਿੱਚ ਬੇਪਰਦ ਹੋਇਆ ਅਤੇ ਉਸ ਤੋਂ ਬਾਅਦ ਅਦਾਲਤੀ ਕਾਰਵਾਈਆਂ, ਜਾਂਚਾਂ ਅਤੇ ਖੋਜਾਂ ਦਾ ਦੌਰ ਜਾਰੀ ਹੈ। ਇਸ ਘਪਲੇ ਦੇ ਘੇਰੇ ਵਿੱਚ ਸਿਆਸਤਦਾਨ, ਇੰਤਜ਼ਾਮੀਆ ਅਤੇ ਕਾਰੋਬਾਰੀਆਂ ਦਾ ਵੱਡਾ ਪੂਰ ਆਉਂਦਾ ਹੈ। ਦੋਸ਼ੀਆਂ ਅਤੇ ਨੁਕਸਾਨ ਦਾ ਅੰਦਾਜ਼ਾ ਸ਼ਾਇਦ ਕਦੇ ਨਾ ਲੱਗੇ ਅਤੇ ਸ਼ਾਇਦ ਕਦੇ ਕਿਸੇ ਨੂੰ ਕਸੂਰਵਾਰ ਕਰਾਰ ਨਾ ਦਿੱਤਾ ਜਾਵੇ ਪਰ ਕੁਝ ਤੱਥ-ਸਰਬ ਪ੍ਰਵਾਨਤ ਹੋ ਗਏ ਹਨ। ਇਹ ਘਪਲਾ ਹੋਇਆ ਹੈ ਅਤੇ ਇਸ ਨੂੰ ਅੰਜ਼ਾਮ ਦੇਣ ਦੇ ਤਰੀਕੇ ਜਾਂਚ ਏਜੰਸੀਆਂ ਤੋਂ ਲੈ ਕੇ ਆਵਾਮ ਦੀ ਜਾਣਕਾਰੀ ਵਿੱਚ ਆ ਚੁੱਕੇ ਹਨ। ਇਨ੍ਹਾਂ ਤਰੀਕਿਆਂ ਵਿੱਚ ਹੀ ਇਸ ਘਪਲੇ ਦਾ ਖ਼ਾਸਾ ਲੁਕਿਆ ਹੋਇਆ ਹੈ। ਪਹਿਲੇ ਤਰੀਕੇ ਤਹਿਤ ਇਮਤਿਹਾਨ ਵੇਲੇ ਕਈ ਉਮੀਦਵਾਰਾਂ ਦੀ ਥਾਂ ਹੁਸ਼ਿਆਰ ਵਿਦਿਆਰਥੀ ਬੈਠਦੇ ਸਨ। ਦੂਜਾ ਤਰੀਕਾ ਇਹ ਸੀ ਕਿ ਪਿਛਲੇ ਸਾਲਾਂ ਦੇ ਹੁਸ਼ਿਆਰ ਵਿਦਿਆਰਥੀ ਦੁਬਾਰਾ ਇਮਤਿਹਾਨ ਦਿੰਦੇ ਸਨ ਅਤੇ ਆਪਣੇ ਅਗਲੇ-ਪਿਛਲੇ ਉਮੀਦਵਾਰਾਂ ਨੂੰ ਨਕਲ ਕਰਵਾਉਂਦੇ ਸਨ। ਤੀਜਾ ਤਰੀਕਾ ਸੀ ਕਿ ਉਮੀਦਵਾਰ ਕਿਸੇ ਸੁਆਲ ਦਾ ਜੁਆਬ ਦੇਣ ਦੀ ਥਾਂ ਖਾਲੀ ਸ਼ੀਟ ਵਾਪਸ ਫੜਾ ਦਿੰਦੇ ਸਨ। ਇਨ੍ਹਾਂ ਖਾਲੀ ਸ਼ੀਟਾਂ ਉਤੇ ਜ਼ਿਆਦਾ ਨੰਬਰ ਭਰ ਦਿੱਤੇ ਜਾਂਦੇ ਸਨ। ਬਾਅਦ ਵਿੱਚ ਸੂਚਨਾ ਦੇ ਅਧਿਕਾਰ ਤਹਿਤ ਇਹ ਸ਼ੀਟਾਂ ਦੇਖਣ ਦੀ ਮੰਗ ਕੀਤੀ ਜਾਂਦੀ ਸੀ ਅਤੇ ਭਰੇ ਨੰਬਰਾਂ ਮੁਤਾਬਕ ਜੁਆਬੀ ਨਿਸ਼ਾਨੀਆਂ ਲਗਾ ਦਿੱਤੀਆਂ ਜਾਂਦੀਆਂ ਸਨ। ਇਸ ਨਾਲ ਘਪਲੇ ਦਾ ਸਬੂਤ ਮਿਟ ਜਾਂਦਾ ਸੀ। ਇਸ ਕਾਰੋਬਾਰ ਵਿੱਚ ਵੱਡੀਆਂ ਵੱਡੀਆਂ ਰਕਮਾਂ ਜੇਬਾਂ ਬਦਲਦੀਆਂ ਸਨ।

ਇਨ੍ਹਾਂ ਤਰੀਕਿਆਂ ਨਾਲ ਤੈਅ ਹੋ ਜਾਂਦਾ ਹੈ ਕਿ ਇਹ ਘਪਲਾ ਕਿਸੇ ਲਾਲਚੀ ਬੰਦੇ ਜਾਂ ਬੇਈਮਾਨ ਅਫ਼ਸਰ ਜਾਂ ਅਮੀਰ ਮਾਪਿਆਂ ਦੇ ਖ਼ਾਤੇ ਨਹੀਂ ਪਾਇਆ ਜਾ ਸਕਦਾ। ਇਹ ਸਾਰੇ ਤੱਤ ਅਤੇ ਤਬਕੇ ਘਪਲੇ ਦਾ ਹਿੱਸਾ ਹਨ ਪਰ ਇਹ ਪੂਰੇ ਇਮਤਿਹਾਨ ਦੇ ਢਾਂਚੇ ਨੂੰ ਮੁਨਾਫ਼ਾਮੁਖੀ ਮੋੜਾ ਦੇਣ ਦਾ ਮਸਲਾ ਹੈ। ਇਸ ਵਿੱਚ ਉਪਰ ਤੋਂ ਹੇਠਾਂ ਤੱਕ ਸਿਆਸਤਦਾਨ, ਇੰਤਜ਼ਾਮੀਆ, ਕਾਰੋਬਾਰੀ, ਕਾਲਾਬਾਜ਼ਾਰੀ, ਵਿਦਿਆਰਥੀ ਅਤੇ ਮਾਪੇ ਸ਼ਾਮਿਲ ਹਨ। ਇਸ ਨਾਲ ਸਿਆਸੀ, ਪ੍ਰਬੰਧਕੀ, ਸਮਾਜਕ ਅਤੇ ਸਿਧਾਂਤਕ ਤੰਦਾਂ ਜੁੜੀਆਂ ਹੋਈਆਂ ਹਨ ਜੋ ਸਮੁੱਚੇ ਨਿਜ਼ਾਮ ਦੇ ਖ਼ਾਸੇ ਦੀ ਨੁਮਾਇੰਦਗੀ ਕਰਦੀਆਂ ਹਨ। ਮੌਜੂਦਾ ਨਿਜ਼ਾਮ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਨਾਮ ਉਤੇ ਭ੍ਰਿਸ਼ਟਾਚਾਰੀਆਂ ਨੂੰ ਸਜ਼ਾ ਦੇ ਸਕਦਾ ਹੈ ਅਤੇ ਕੁਝ ਕਸੂਰਵਾਰ ਪਤਵੰਤਿਆਂ ਦੀ ਬਲੀ ਲੈ ਸਕਦਾ ਹੈ। ਇਸ ਮਾਮਲੇ ਵਿੱਚ ਸਾਬਕਾ ਸਿੱਖਿਆ ਮੰਤਰੀ ਲਕਸ਼ਮੀ ਕਾਂਤ ਸ਼ਰਮਾ ਤੋਂ ਲੈ ਕੇ ਵਿਆਪਮ ਦਾ ਇੰਤਜ਼ਾਮੀਆ, ਅਫ਼ਸਰਸ਼ਾਹੀ ਅਤੇ ਦਲਾਲਾਂ ਦੀ ਵੱਡੀ ਗਿਣਤੀ ਖ਼ਿਲਾਫ਼ ਕਾਰਵਾਈ ਹੋਈ ਹੈ। ਘਪਲੇ ਦੇ ਦੋਵੇਂ ਪਾਸੇ ਇਲਜ਼ਾਮਾਂ ਵਿੱਚ ਘਿਰੇ ਲੋਕਾਂ ਨੂੰ ਕਾਰਵਾਈ ਅਤੇ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਰਿਸ਼ਵਤਖ਼ੋਰਾਂ ਖ਼ਿਲਾਫ਼ ਕਾਰਵਾਈ ਹੋਈ ਹੈ ਤਾਂ ਇਸ ਘਪਲੇ ਰਾਹੀਂ ਨੌਕਰੀਆਂ ਲੈਣ/ਦਿਵਾਉਣ ਅਤੇ ਦਾਖ਼ਲੇ ਲੈਣ/ਕਰਵਾਉਣ ਵਾਲਿਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਇਲਜ਼ਾਮ ਦਾ ਘੇਰਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗਵਰਨਰ ਰਾਮ ਨਰੇਸ਼ ਯਾਦਵ ਤੱਕ ਫੈਲਿਆ ਹੋਇਆ ਹੈ। ਰਾਮ ਨਰੇਸ਼ ਯਾਦਵ ਦਾ ਪੁੱਤਰ ਸ਼ੈਲੇਸ਼ ਇਸ ਘਪਲੇ ਵਿੱਚ ਮੁਲਜ਼ਮ ਸੀ ਅਤੇ ਉਸ ਦੀ ਮੌਤ ਭੇਤਭਰੇ ਹਾਲਾਤ ਵਿੱਚ ਹੋਈ ਸੀ। ਇਸੇ ਤਰ੍ਹਾਂ ਗਵਰਨਰ ਦੇ ਵਿਸ਼ੇਸ਼ ਅਫ਼ਸਰ ਧਨਰਾਜ ਯਾਦਵ ਦੀ ਇਸੇ ਘਪਲੇ ਵਿੱਚ ਗ੍ਰਿਫ਼ਤਾਰੀ ਹੋਈ ਸੀ। ਗਵਰਨਰ ਨੇ ਸੰਵਿਧਾਨਕ ਅਖ਼ਤਿਆਰ ਤਹਿਤ ਆਪਣੇ ਖ਼ਿਲਾਫ਼ ਜਾਂਚ ਨਾ ਕਰਨ ਲਈ ਮੱਧ ਪ੍ਰਦੇਸ਼ ਦੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਖ਼ਿਲਾਫ਼ ਕਾਰਵਾਈ ਰੋਕ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ। ਉਹ ਸਤੰਬਰ 2016 ਵਿੱਚ ਗਵਰਨਰ ਵਜੋਂ ਸੇਵਾਮੁਕਤ ਹੋਣ ਵਾਲੇ ਹਨ ਅਤੇ ਸਪੈਸ਼ਲ ਇਨਵੈਸਟੀਗੇਟਿੰਗ ਟੀਮ ਮੁਤਾਬਕ ਉਨ੍ਹਾਂ ਖ਼ਿਲਾਫ਼ ਸੇਵਾਮੁਕਤ ਹੋਣ ਤੋਂ ਬਾਅਦ ਕਾਰਵਾਈ ਹੋਵੇਗੀ। ਸੰਵਿਧਾਨ ਦੇ ਅਖ਼ਤਿਆਰੀ ਮੋਰਚੇ ਅੰਦਰ ਬੈਠੇ ਰਾਮ ਨਰੇਸ਼ ਯਾਦਵ ਭਾਵੇਂ ਬਚ ਜਾਣ ਪਰ ਇਸ ਨਾਲ ਇਹ ਸਾਬਤ ਹੋ ਜਾਂਦਾ ਹੈ ਕਿ ਗਵਰਨਰ ਦੇ ਅਹੁਦੇ ਲਈ ਇਖ਼ਲਾਕੀ ਸੁਆਲਾਂ ਦੀ ਕੋਈ ਅਹਿਮੀਅਤ ਨਹੀਂ ਹੈ। ਦੂਜਾ ਪਾਸਾ ਇਹ ਹੈ ਕਿ ਵਿਆਪਮ ਦੀ ਘਪਲੇ ਵਜੋਂ ਮਾਰ ਮੁਲਕ ਦੇ ਸੰਵਿਧਾਨਕ ਅਹੁਦਿਆਂ ਤੱਕ ਹੈ ਜਿਨ੍ਹਾਂ ਦੀਆਂ ਅਖ਼ਤਿਆਰੀ ਰਿਆਇਤਾਂ ਨੂੰ ਹੁਣ ਜਮਹੂਰੀਅਤ ਦਾ ਹਿੱਸਾ ਨਹੀਂ ਮੰਨਿਆ ਜਾ ਸਕਦਾ।

ਜੇ ਯੋਗਾ ਦਿਵਸ ਦੀ ਸਰਕਾਰੀ ਮਸ਼ਕ ਵਿੱਚ ਸ਼ਮੂਲੀਅਤ ਨਾ ਕਰਨ ਕਾਰਨ ਉਪ ਰਾਸ਼ਟਰਪਤੀ ਹਮੀਦ ਅੰਸਾਰੀ ਕਿਸੇ ਰਾਸ਼ਟਰੀ ਸਵੈਮਸੇਵਕ ਸੰਘ ਦੇ ਆਗੂ ਰਾਮ ਮਾਧਵ ਦੇ ਸੁਆਲਾਂ ਦੇ ਘੇਰੇ ਵਿੱਚ ਆਉਂਦੇ ਹਨ ਤਾਂ ਮੱਧ ਪ੍ਰਦੇਸ਼ ਦਾ ਗਵਰਨਰ ਇਖ਼ਲਾਕੀ ਜਾਂ ਮੁਲਕਪ੍ਰਸਤੀ ਦੇ ਸੁਆਲਾਂ ਵਿੱਚ ਸ਼ੁਮਾਰ ਕਿਉਂ ਨਹੀਂ ਹੁੰਦਾ? ਜਦੋਂ ਨਰੇਂਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਜ਼ਾਦੀ ਦਿਵਸ ਮੌਕੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਕਰੀਰ ਨੂੰ ਨਿਸ਼ਾਨਾ ਬਣਾ ਸਕਦਾ ਹੈ ਤਾਂ ਮੱਧ ਪ੍ਰਦੇਸ਼ ਦਾ ਗਵਰਨਰ ਨਜ਼ਰਅੰਦਾਜ਼ ਕਿਵੇਂ ਹੋ ਜਾਂਦਾ ਹੈ? ਜੇ ਚੋਣਾਂ ਤੋਂ ਬਾਅਦ ਭਾਜਪਾ ਦੇ ਗਵਰਨਰ ਲਗਾਉਣ ਲਈ ਪੁਰਾਣੇ ਗਵਰਨਰ ਹਟਾਉਣ ਦੀ ਮਸ਼ਕ ਹੋ ਸਕਦੀ ਹੈ ਤਾਂ ਰਾਮ ਨਰੇਸ਼ ਯਾਦਵ ਨਾਲ ਸਾਂਝ ਦਾ ਸੁਆਲ ਤਾਂ ਪੁੱਛਿਆ ਹੀ ਜਾਣਾ ਚਾਹੀਦਾ ਹੈ? ਇਹ ਸੁਆਲ ਅਹਿਮ ਜਾਪ ਸਕਦੇ ਹਨ ਪਰ ਵਿਆਪਮ ਦਾ ਖ਼ਾਸਾ ਇਨ੍ਹਾਂ ਨੂੰ ਬੇਮਾਅਨਾ ਕਰ ਦਿੰਦਾ ਹੈ। ਭ੍ਰਿਸ਼ਟਾਚਾਰ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਗੱਠਜੋੜ ਦੀਆਂ ਮਜਬੂਰੀਆਂ ਕਰਾਰ ਦਿੱਤਾ ਜਾਂਦਾ ਸੀ ਪਰ ਨਰੇਂਦਰ ਮੋਦੀ ਦੇ ਦੌਰ ਵਿੱਚ ਸ਼ਾਨਦਾਰ ਬਹੁਮਤ ਦੀ ਸਰਪ੍ਰਸਤੀ ਵਿੱਚ ਮੂੰਹਜ਼ੋਰ ਹੋ ਜਾਂਦਾ ਹੈ।

ਵਿਆਪਮ ਘਪਲਾ ਵਿੱਤੀ ਪਾੜੇ ਨੂੰ ਵਧਾਉਣ ਅਤੇ ਪੱਕਾ ਕਰਨ ਦੀ ਮਸ਼ਕ ਹੈ ਜੋ ਮਨਮੋਹਨ-ਮੋਦੀ ਦੀ ਖੁੱਲ੍ਹੀ ਮੰਡੀ ਵਾਲੀ ਸੇਧ ਨਾਲ ਮੇਲ ਖਾਂਦੀ ਹੈ। ਦਾਖ਼ਲਿਆਂ ਅਤੇ ਨੌਕਰੀਆਂ ਤੋਂ ਮਹਿਰੂਮ ਕੌਣ ਹੋ ਰਿਹਾ ਹੈ? ਲਿਆਕਤ ਦੇ ਬਾਵਜੂਦ ਗ਼ਰੀਬ ਤਬਕਾ। ਰਿਸ਼ਵਤ ਦੇ ਕੌਣ ਰਿਹਾ ਹੈ? ਅਮੀਰ ਪਤਵੰਤਾ। ਰਿਸ਼ਵਤ ਲੈ ਕੌਣ ਰਿਹਾ ਹੈ? ਅਮੀਰ ਪਤਵੰਤਾ। ਅਮੀਰਾਂ ਦੀ ਇਸ ਖੇਡ ਵਿੱਚ ਸਮੁੱਚਾ ਨਿਜ਼ਾਮ ਸ਼ਾਮਿਲ ਹੈ ਤਾਂ ਸਮੱਸਿਆ ਕੀ ਹੈ? ਜਦੋਂ ਸਰਕਾਰ ਵਿਉਂਤਬੰਦ ਢੰਗ ਨਾਲ ਨਿੱਜੀ ਕਾਰੋਬਾਰੀਆਂ ਨੂੰ ਰਿਆਇਤਾਂ ਅਤੇ ਛੋਟਾਂ ਦੇ ਕੇ ਸਰਕਾਰੀ ਅਦਾਰਿਆਂ ਨੂੰ ਨਜ਼ਰਅੰਦਾਜ਼ ਕਰਦੀ ਹੈ ਤਾਂ ਵਿਆਪਮ ਨੂੰ ਇਸੇ ਸਰਕਾਰੀ ਸਨਅਤ ਦਾ ਹਿੱਸਾ ਕਿਉਂ ਨਹੀਂ ਮੰਨਿਆ ਜਾ ਸਕਦਾ? ਨਿਵੇਸ਼ਕਾਰਾਂ ਨੂੰ ਜਦੋਂ ਕਾਨੂੰਨੀ ਘੇਰੇ ਵਿੱਚ ਪ੍ਰਵਾਨਗੀਆਂ ਨਹੀਂ ਮਿਲਦੀਆਂ ਤਾਂ ਕਾਨੂੰਨੀ ਸੋਧਾਂ ਦੇ ਵਾਅਦੇ ਪ੍ਰਧਾਨ ਮੰਤਰੀ ਕੌਮਾਂਤਰੀ ਮੰਚਾਂ ਉੱਤੇ ਕਰਦੇ ਹਨ। ਜੇ ਆਪਣੇ ਬੱਚਿਆਂ ਨੂੰ ਦਾਖ਼ਲੇ ਜਾਂ ਨੌਕਰੀਆਂ ਦਿਵਾਉਣ ਲਈ ਅਮੀਰ ਕਾਨੂੰਨੀ ਘੇਰੇ ਨੂੰ ਮੋਕਲਾ ਕਰਦੇ ਹਨ ਤਾਂ ਇਹ ਵੱਖਰੀ ਗੱਲ ਕਿਵੇਂ ਹੋਈ? ਜਦੋਂ ਸਿਆਸਤਦਾਨ ਮੰਤਰੀਆਂ ਵਜੋਂ ਆਪਣੇ ਨਿੱਜੀ ਕਾਰੋਬਾਰ ਵਧਾਉਂਦੇ ਹਨ ਪਰ ਉਨ੍ਹਾਂ ਦੇ ਸਰਕਾਰੀ ਮਹਿਕਮੇ ਘਾਟੇ ਵਿੱਚ ਜਾਂਦੇ ਹਨ ਤਾਂ ਇਹ ਵਿਆਪਮ ਦੀ ਕੜੀ ਕਿਉਂ ਨਹੀਂ ਹੁੰਦਾ? ਨਿੱਜੀ ਨਿਵੇਸ਼ ਅਤੇ ਸਰਕਾਰੀ ਅਹੁਦੇ ਦਾ ਮਨਮੋਹਨ-ਮੋਦੀ ਰਿਸ਼ਤਾ ਨੌਕਰੀਆਂ ਅਤੇ ਦਾਖ਼ਲਿਆਂ ਦੇ ਮਾਮਲੇ ਵਿੱਚ ਵੱਖ ਕਿਉਂ ਹੋ ਸਕਦਾ ਹੈ? ਜੇ ਕੋਈ ਰਜਤ ਗੁਪਤਾ ਨਾਮ ਦਾ ਕੌਮਾਂਤਰੀ ਵਿੱਤੀ ਅਪਰਾਧੀ ਸਰਕਾਰੀ ਸਰਪ੍ਰਸਤੀ ਹੇਠ ਰਿਆਇਤਾਂ ਅਤੇ ਛੋਟਾਂ ਲੈ ਕੇ ਮੈਡੀਕਲ ਸਿੱਖਿਆ ਦੇ ਕਾਨੂੰਨੀ ਪੱਖੋਂ ਗ਼ੈਰ-ਪ੍ਰਵਾਨਤ ਅਦਾਰੇ ਖੋਲ੍ਹ ਸਕਦਾ ਹੈ ਤਾਂ ਕੋਈ ਪਤਵੰਤਾ ਰਿਸ਼ਵਤ ਦੇ ਕੇ ਆਪਣੇ ਨਾਲਾਇਕਾਂ ਨੂੰ ਲਾਇਕ ਕਿਉਂ ਨਹੀਂ ਬਣਾ ਸਕਦਾ? ਇਨ੍ਹਾਂ ਸੁਆਲਾਂ ਦੀ ਫਹਿਰਿਸਤ ਬਹੁਤ ਲੰਮੀ ਹੋ ਸਕਦੀ ਹੈ। ਅਹਿਮ ਸੁਆਲ ਵਿਆਪਮ ਘਪਲੇ ਦੇ ਖ਼ਾਸੇ ਦਾ ਮੌਜੂਦਾ ਨਿਜ਼ਾਮ ਨਾਲ ਮੇਲ ਖਾਣਾ ਹੈ। ਇਨ੍ਹਾਂ ਹਾਲਾਤ ਵਿੱਚ ਵਿਆਪਮ ਕਿਸੇ ਘਪਲੇ ਦੇ ਨਾਮ ਤੱਕ ਮਹਿਦੂਦ ਨਹੀਂ ਹੈ ਸਗੋਂ ਇਹ ਮੌਜੂਦਾ ਨਿਜ਼ਾਮ ਦੇ ਅਮੀਰ ਪੱਖੀ ਰੁਝਾਨ ਦਾ ਬਿੰਬ ਹੈ। ਵਿਆਪਮ ਦੀਆਂ ਜੜ੍ਹਾਂ ਇੰਨੀਆਂ ਡੂੰਘੀਆਂ ਹਨ ਕਿ ਕੋਈ ਅਦਾਰਾ ਇਸ ਦੀ ਮਾਰ ਤੋਂ ਬਾਹਰ ਨਹੀਂ ਹੈ। ਇਸ ਦੀ ਮਾਰ ਏਨੀ ਬਹੁਪੱਖੀ ਹੈ ਕਿ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮਾਂ ਜਾਂ ਸਰਕਾਰੀ ਮਸ਼ਕਾਂ ਇਸ ਉੱਤੇ ਪਰਦੇ ਪਾਉਣ ਵਿੱਚ ਨਾਕਾਮਯਾਬ ਰਹੀਆਂ ਹਨ। 

ਸਰਕਾਰੀ ਅਦਾਰਿਆਂ ਅਤੇ ਸਰਕਾਰ ਲਈ ਵਿਆਪਮ 'ਸੱਪ ਦੇ ਮੂੰਹ ਵਿੱਚ ਕੋਹੜ ਕਿਰਲੀ' ਹੈ ਜਿਸ ਨੂੰ ਛੱਡਣ ਨਾਲ ਮੋਦੀ-ਤਾਕਤ ਦਾ ਤਲਿੱਸਮ ਟੁੱਟਦਾ ਹੈ ਅਤੇ ਨਿਗਲ ਜਾਣ ਨਾਲ 'ਵਿਕਾਸ' ਦਾ ਕਿਲ੍ਹਾ ਢਹਿੰਦਾ ਹੈ। ਸਰਕਾਰ ਵੱਲੋਂ ਵਿਆਪਮ ਬਾਰੇ ਫ਼ੈਸਲਾ ਅਡਾਨੀ ਅਤੇ ਓਬਾਮਾ ਨੂੰ ਮੁਖ਼ਾਤਬ ਹੋ ਕੇ ਕੀਤਾ ਜਾ ਸਕਦਾ ਹੈ। ਜੇ ਡਾ. ਮਨਮੋਹਨ ਸਿੰਘ ਹਰ ਮੌਕੇ ਓਬਾਮਾ ਨਾਲ ਭਾਰਤ ਦੇ ਪਿਆਰ ਦਾ ਇਜ਼ਹਾਰ ਕਰਦੇ ਰਹੇ ਹਨ ਤਾਂ ਮੋਦੀ ਦਾ ਚੋਣ ਰੱਥ ਅਡਾਨੀ ਦੇ ਜਹਾਜ਼ ਵਿੱਚ ਸਵਾਰ ਹੋ ਕੇ ਦਿੱਲੀ ਪਹੁੰਚਿਆ ਹੈ। ਜੇ ਡਾ. ਮਨਮੋਹਨ ਸਿੰਘ ਕਦੇ ਰਤਨ ਟਾਟਾ ਦੀ ਨਿੱਜੀ ਜ਼ਿੰਦਗੀ ਦਾ ਸਤਿਕਾਰ ਕਰਨਾ ਨਹੀਂ ਭੁੱਲੇ ਤਾਂ ਮੋਦੀ ਨੇ ਓਬਾਮਾ ਨੂੰ ਨਾਮ ਨਾਲ ਬੁਲਾ ਕੇ ਭਾਰਤ ਦਾ ਮਾਣ ਵਧਾਇਆ ਹੈ। ਇਸ ਦੌਰ ਵਿੱਚ ਖੁੱਲ੍ਹੀ ਮੰਡੀ ਦੇ ਆਪਹੁਦਰੇਪਣ ਨੂੰ ਸਰਕਾਰੀ ਸਰਪ੍ਰਸਤੀ ਵਿੱਚ ਲਿਆਉਣ ਲਈ ਕੌਮਾਂਤਰੀ ਅਦਾਰਿਆਂ ਤੋਂ ਲੈ ਕੇ ਮੁਕਾਮੀ ਕਾਰੋਬਾਰੀਆਂ ਦਾ ਵੱਡਾ ਗੱਠਜੋੜ ਹੈ। ਜੇ ਇਸ ਗੱਠਜੋੜ ਨੂੰ ਵਿਆਪਮ ਦਾ ਸਰਕਾਰੀ ਰੂਪ ਮੰਨ ਲਿਆ ਜਾਵੇ ਤਾਂ ਮੱਧ ਪ੍ਰਦੇਸ਼ ਵਾਲੇ ਵਿਆਪਮ ਦੇ ਨਕਸ਼ ਜ਼ਿਆਦਾ ਉਘੜ ਆਉਂਦੇ ਹਨ। ਸਰਕਾਰ ਨੇ ਸਿੱਖਿਆ ਦੇ ਹਰ ਖੇਤਰ ਵਿੱਚ ਪਰਵਾਸੀਆਂ ਅਤੇ ਅਖ਼ਤਿਆਰੀ ਖ਼ਾਤਿਆਂ ਵਿੱਚ ਦਾਖ਼ਲੇ ਵੇਚਣ ਦਾ ਰੁਝਾਨ ਸ਼ੁਰੂ ਕੀਤਾ ਹੈ ਅਤੇ ਵਿਆਪਮ ਦਾ ਇਸ ਨੂੰ ਖੁੱਲ੍ਹੀ ਮੰਡੀ ਵਿੱਚ ਬੋਲੀ ਲਗਾਉਣ ਵਾਲੀ ਖਿੜਕੀ ਹੈ। ਜੇ ਨਵੇਂ ਸਾਮਰਾਜਵਾਦੀ ਦੌਰ ਵਿੱਚ ਦੂਜੇ ਮੁਲਕਾਂ ਵਿੱਚ ਖੁੱਲ੍ਹੀ ਮੰਡੀ ਦੀਆਂ ਨੀਤੀਆਂ ਲਾਗੂ ਕਰਵਾਉਣ ਲਈ ਤਾਨਾਸ਼ਾਹੀ, ਜੰਗ ਅਤੇ ਜਮਹੂਰੀਅਤ ਦਾ ਸਹਾਰਾ ਲਿਆ ਜਾ ਸਕਦਾ ਹੈ ਤਾਂ ਵਿਆਪਮ ਨੂੰ ਬੇਪਰਦ ਕਰਨ ਵਾਲਾ ਇਖ਼ਲਾਕੀ ਨਿਜ਼ਾਮ ਸੜਕ ਹਾਦਸਿਆਂ ਦੀ ਮਾਰ ਵਿੱਚ ਕਿਉਂ ਨਹੀਂ ਆ ਸਕਦਾ? ਕੌਮਾਂਤਰੀ ਪੱਧਰ ਉੱਤੇ ਖੁੱਲ੍ਹੀ ਮੰਡੀ ਦਾ ਵਿਰੋਧ ਕਰਨ ਵਾਲੇ ਅਤਿਵਾਦੀ, ਦੇਸ਼ ਧਰੋਹੀ, ਗ਼ੈਰ-ਜਮਹੂਰੀ ਅਤੇ ਗ਼ੈਰ-ਮਨੁੱਖੀ ਕਰਾਰ ਦਿੱਤੇ ਗਏ ਹਨ। ਉਨ੍ਹਾਂ ਦਾ ਖ਼ੂਨ ਜ਼ਖ਼ਮਾਂ ਰਾਹੀਂ ਵਗਿਆ ਹੈ ਅਤੇ ਥੁੜ੍ਹਾਂ ਰਾਹੀਂ ਸੁੱਕਿਆ ਹੈ। ਵਿਆਪਮ ਉੱਤੇ ਸੁਆਲ ਕਰਨ ਵਾਲਿਆਂ ਨੂੰ ਟੱਕਰੇ ਸੜਕ ਹਾਦਸੇ, ਉਨ੍ਹਾਂ ਦੇ ਮੂੰਹਾਂ ਵਿੱਚੋਂ ਨਿਕਲਦੀ ਜ਼ਹਿਰੀਲੀ ਝੱਗ, ਜਵਾਨ ਉਮਰੇ ਪਏ ਦਿਲ ਦੇ ਦੌਰੇ ਅਤੇ ਫਟੀਆਂ ਦਿਮਾਗ਼ ਦੀਆਂ ਨਸਾਂ ਜਾਂ ਹੱਡਾਂ ਵਿੱਚ ਰਚ ਗਈ ਮਣਾਂਮੂੰਹੀ ਸ਼ਰਾਬ ਮੌਤ ਨੂੰ ਕੁਦਰਤੀ ਨਹੀਂ ਬਣਾ ਦਿੰਦੇ। ਇਹ ਆਵਾਮ ਦੀ ਗ਼ੈਰ-ਮਨੁੱਖੀ ਕਾਨੂੰਨੀ ਘੇਰਾਬੰਦੀ ਖ਼ਿਲਾਫ਼ ਇਖ਼ਲਾਕੀ ਲੜਾਈ ਹੈ। ਇਸ ਲੜਾਈ ਵਿੱਚ ਖ਼ੂਨ ਡਰੋਨਾਂ ਦੀ ਮਾਰ ਨਾਲ ਵਹਿੰਦਾ ਹੈ ਤਾਂ ਨੀਤੀਆਂ ਦੀ ਮਾਰ ਨਾਲ ਸੁੱਕਦਾ ਹੈ।

(ਇਹ ਲੇਖ 8 ਜੁਲਾਈ 2015 ਨੂੰ ਨਵਾਂ ਜ਼ਮਾਨਾ ਅਤੇ ਅਮਰੀਕਾ ਵਿੱਚ ਛਪਦੇ ਪੰਜਾਬ ਟਾਈਮਜ਼ ਦੇ 15 ਜੁਲਾਈ 2015 ਵਾਲੇ ਅੰਕ ਵਿੱਚ ਛਪਿਆ।)

No comments: